ਦੱਖਣੀ ਬਾਈਪਾਸ ਪ੍ਰੋਜੈਕਟ ਨੂੰ ਬਹਾਲ ਕਰਨ ਲਈ ਐੱਨ.ਐੱਚ.ਏ.ਆਈ. ਨੂੰ ਦਿੱਤੇ ਜਾਣ ਨਿਰਦੇਸ਼, ਐਮਪੀ ਅਰੋੜਾ ਨੇ ਗਡਕਰੀ ਨੂੰ ਕੀਤੀ ਅਪੀਲ

ਲੁਧਿਆਣਾ, 21 ਜੂਨ, 2024: ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ “ਦੱਖਣੀ ਲੁਧਿਆਣਾ ਬਾਈਪਾਸ ਗ੍ਰੀਨਫੀਲਡ ਹਾਈਵੇ (25.240 ਕਿਲੋਮੀਟਰ) ਦੇ ਨਿਰਮਾਣ ਨੂੰ ਮੁੜ ਸ਼ੁਰੂ ਕਰਨ” ਸਬੰਧੀ ਪੱਤਰ ਲਿਖਿਆ ਹੈ।
ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਅਰੋੜਾ ਨੇ ਲਿਖਿਆ ਹੈ ਕਿ “ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਇੱਕ ਵਾਰ ਫਿਰ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦਾ ਚਾਰਜ ਸੰਭਾਲਣ ਲਈ ਵਧਾਈ ਦਿੰਦਾ ਹਾਂ। ਮੈਂ ਤੁਰੰਤ
ਤੁਹਾਡੇ ਧਿਆਨ ਵਿੱਚ ਦੱਖਣੀ ਲੁਧਿਆਣਾ ਬਾਈਪਾਸ ਗ੍ਰੀਨਫੀਲਡ ਹਾਈਵੇਅ ਪ੍ਰੋਜੈਕਟ ਦੇ ਕਿਲੋਮੀਟਰ 0.000 ਤੋਂ 25.240 ਤੱਕ ਰੁਕੇ ਹੋਏ ਨਿਰਮਾਣ ਵੱਲ ਲਿਆਉਣਾ ਚਾਹੁੰਦਾ ਹਾਂ।”

ਅਰੋੜਾ ਨੇ ਕਿਹਾ ਕਿ ਇਹ ਛੇ ਮਾਰਗੀ ਗ੍ਰੀਨਫੀਲਡ ਹਾਈਵੇਅ ਪ੍ਰਾਜੈਕਟ ਲੁਧਿਆਣਾ ਸ਼ਹਿਰ ਲਈ ਮਹੱਤਵਪੂਰਨ ਹੈ। ਇਸ ਦੀ ਕਲਪਨਾ ਲੁਧਿਆਣਾ ਦੇ ਅੰਦਰ ਆਵਾਜਾਈ ਨੂੰ ਮਹੱਤਵਪੂਰਨ ਤੌਰ ‘ਤੇ ਘਟਾਉਣ ਅਤੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚਕਾਰ ਸੰਪਰਕ ਵਧਾਉਣ ਲਈ ਕੀਤੀ ਗਈ ਸੀ, ਜਿਸ ਨਾਲ ਲੱਖਾਂ ਯਾਤਰੀਆਂ ਅਤੇ ਕਾਰੋਬਾਰੀ ਮਾਲਕਾਂ ‘ਤੇ ਸਕਾਰਾਤਮਕ ਪ੍ਰਭਾਵ ਪਵੇਗਾ।
ਉਨ੍ਹਾਂ ਅੱਗੇ ਕਿਹਾ, “ਮੈਂ ਸਮਝਦਾ ਹਾਂ ਕਿ ਲੋੜੀਂਦੀ ਜ਼ਮੀਨ ਪ੍ਰਾਪਤੀ ਵਿੱਚ ਦੇਰੀ ਹੋਈ ਹੈ, ਹਾਲਾਂਕਿ, ਇਸ ਗੱਲ ਦਾ ਧਿਆਨ ਰੱਖਣਾ ਮਹੱਤਵਪੂਰਨ ਹੈ ਕਿ ਲਗਭਗ 80% (ਕੁੱਲ 25.240 ਕਿਲੋਮੀਟਰ ਵਿੱਚੋਂ 19.74 ਕਿਲੋਮੀਟਰ) ਨੂੰ ਪਹਿਲਾਂ ਹੀ ਐੱਨ.ਐੱਚ.ਏ.ਆਈ. ਜਾਂ ਠੇਕੇਦਾਰ ਨੂੰ ਸੌਂਪਿਆ ਜਾ ਚੁੱਕਾ ਹੈ।” ਭੂਮੀ ਗ੍ਰਹਿਣ ਵਿੱਚ ਹੋਈ ਵੱਡੀ ਪ੍ਰਗਤੀ ਦਾ ਜ਼ਿਕਰ ਕਰਦਿਆਂ, ਅਰੋੜਾ ਨੇ ਕੇਂਦਰੀ ਮੰਤਰੀ ਨੂੰ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਉਸਾਰੀ ਮੁੜ ਸ਼ੁਰੂ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਐੱਨ.ਐੱਚ.ਏ.ਆਈ. ਨੂੰ ਇਸ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਬਹਾਲ ਕਰਨ ਲਈ ਨਿਰਦੇਸ਼ ਦੇਣ।

ਉਨ੍ਹਾਂ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਬਾਕੀ ਰਹਿੰਦੀ ਜ਼ਮੀਨ ਐਕੁਆਇਰ ਕਰਨ ਲਈ ਸੂਬਾ ਸਰਕਾਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਰਗਰਮੀ ਨਾਲ ਕੰਮ ਕਰਨਗੇ।
ਅੰਤ ਵਿੱਚ, ਅਰੋੜਾ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਬਾਈਪਾਸ ਦੇ ਮੁਕੰਮਲ ਹੋਣ ਨਾਲ ਟ੍ਰੈਫਿਕ ਪ੍ਰਵਾਹ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ, ਯਾਤਰਾ ਦਾ ਸਮਾਂ ਘਟੇਗਾ ਅਤੇ ਖੇਤਰ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਨੂੰ ਤਰਜੀਹ ਦੇਣਾ ਲੁਧਿਆਣਾ ਅਤੇ ਇਸ ਦੇ ਵਸਨੀਕਾਂ ਦੇ ਹਿੱਤ ਵਿੱਚ ਹੈ। ਉਨ੍ਹਾਂ ਅੱਗੇ ਕੇਂਦਰੀ ਮੰਤਰੀ ਤੋਂ ਜਲਦੀ ਜਵਾਬ ਅਤੇ ਮਾਮਲੇ ਦੇ ਸਕਾਰਾਤਮਕ ਹੱਲ ਦੀ ਉਮੀਦ ਕੀਤੀ।
ਜ਼ਿਕਰਯੋਗ ਹੈ ਕਿ ਛੇ ਮਾਰਗੀ ਗ੍ਰੀਨਫੀਲਡ ਹਾਈਵੇਅ ਪ੍ਰਾਜੈਕਟ 956.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਣਾ ਹੈ।

Leave a Reply

Your email address will not be published. Required fields are marked *