

ਲੁਧਿਆਣਾ, 19 ਜੁਲਾਈ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ਅਧੀਨ ਸਦਗੁਰੂ ਨਗਰ ਦੀ ਲੇਨ ਨੰਬਰ 5, 6 ਵਿੱਚ ਟਾਈਲਾਂ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਦੀ ਦੇਖਭਾਲ ਨਹੀਂ ਕੀਤੀ ਗਈ ਅਤੇ ਇਹ ਸੜਕ ਪਿਛਲੇ 30 ਸਾਲਾਂ ਤੋਂ ਨਹੀਂ ਬਣਾਈ ਗਈ। ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਸਨ, ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਜਾਂਦਾ ਸੀ ਅਤੇ ਅਕਸਰ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਆਸਾਨ ਹੋਵੇਗੀ ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।