Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6260
ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਕਿਸਾਨ ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਨਾ ਆਵੇ ਕੋਈ ਦਿੱਕਤ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ - Now Hindustan

ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਕਿਸਾਨ ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਨਾ ਆਵੇ ਕੋਈ ਦਿੱਕਤ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

 

ਡਿਪਟੀ ਕਮਿਸ਼ਨਰ ਨੇ ਨੂਰਪੁਰ ਬੇਟ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ; ਅਧਿਕਾਰੀਆਂ ਨੂੰ ਸੁਚਾਰੂ ਖ਼ਰੀਦ ਅਤੇ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਲੁਧਿਆਣਾ, 01 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਨੂਰਪੁਰ ਬੇਟ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ, ਲਿਫਟਿੰਗ ਤੇ ਅਦਾਇਗੀ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਟਵਾਉਣ ਅਤੇ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਕਾਰਨ ਸੁਕਾਉਣ ਲਈ ਵਾਧੂ ਸਮਾਂ ਲੱਗਦਾ ਹੈ, ਜਿਸ ਨਾਲ ਕਿਸਾਨਾਂ ਨੂੰ ਉਡੀਕ ਕਰਨੀ ਪੈ ਸਕਦੀ ਹੈ। ਇਸ ਲਈ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਖ਼ਰੀਦ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਹੋ ਸਕਦੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਮੰਡੀ ਵਿੱਚ ਝੋਨੇ ਦੀ ਆਮਦ ਅਨੁਸਾਰ ਖ਼ਰੀਦ ਅਤੇ ਲਿਫਟਿੰਗ ਦੇ ਕਾਰਜਾਂ ਵਿੱਚ ਬਿਹਤਰ ਤਾਲਮੇਲ ਬਣਾਇਆ ਜਾਵੇ। ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਹੋਰ ਫ਼ਸਲ ਲਿਆਉਣ ਲਈ ਲੋੜੀਂਦੀ ਜਗ੍ਹਾ ਉਪਲਬਧ ਰਹੇ। ਇਸ ਤੋਂ ਇਲਾਵਾ ਉਨ੍ਹਾਂ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਰੌਸ਼ਨੀ ਅਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਹਦਾਇਤ ਵੀ ਕੀਤੀ।

ਇਸ ਮੌਕੇ ਨੂਰਪੁਰ ਬੇਟ ਦੇ ਕਿਸਾਨ ਬਲਵੀਰ ਸਿੰਘ ਅਤੇ ਖਹਿਰਾ ਬੇਟ ਦੇ ਕਿਸਾਨ ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨਾਜ ਮੰਡੀ ਵਿੱਚ ਖ਼ਰੀਦ ਦੇ ਵਧੀਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਝੋਨੇ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਹੋ ਰਹੀ ਹੈ ਅਤੇ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਵੀ ਕਿਸਾਨਾਂ ਨੂੰ ਸਮੇਂ ਸਿਰ ਕੀਤੀ ਜਾ ਰਹੀ ਹੈ। ਉਨ੍ਹਾਂ ਮੰਡੀ ਵਿੱਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।

Leave a Reply

Your email address will not be published. Required fields are marked *