
13 ਅਗਸਤ ਨੂੰ ਜਾਰੀ ਹੋਵੇਗੀ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ
ਫ਼ਰੀਦਕੋਟ, 6 ਅਗਸਤ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੀ ਪ੍ਰਕਿਰਿਆ ਪੰਜਾਬ ਭਰ ਵਿੱਚ ਜਾਰੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐਸ. ਵੱਲੋਂ ਮਾਨਤਾ ਪ੍ਰਾਪਤ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜੂਨ 2026 ਤੋਂ 3 ਅਗਸਤ 2026 ਤੱਕ ਚੱਲੇ ਐਨੂਮੇਰੇਸ਼ਨ ਪੜਾਅ ਅਧੀਨ ਐਨੂਮੇਰੇਸ਼ਨ ਫਾਰਮਾਂ ਦੀ ਵੰਡ, ਪ੍ਰਾਪਤੀ ਅਤੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ। ਇਸ ਨਾਲ ਐਨੂਮੇਰੇਸ਼ਨ ਪੜਾਅ ਸਫ਼ਲਤਾਪੂਰਵਕ ਸਮਾਪਤ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਗਈ ਤਾਂ ਜੋ ਸਾਰੇ ਪ੍ਰਿੰਟ ਕੀਤੇ ਗਏ ਐਨੂਮੇਰੇਸ਼ਨ ਫਾਰਮ ਸਬੰਧਤ ਵੋਟਰਾਂ ਤੱਕ ਪਹੁੰਚਾਏ ਜਾ ਸਕਣ ਅਤੇ ਉਹਨਾਂ ਤੋਂ ਪ੍ਰਾਪਤ ਕੀਤੇ ਜਾ ਸਕਣ। ਡਿਜੀਟਾਈਜ਼ੇਸ਼ਨ ਤੋਂ ਬਾਅਦ ਬੀ.ਐਲ.ਓਜ਼. ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੁਆਰਾ ਨਿਯੁਕਤ ਬੀ.ਐਲ.ਏਜ਼. ਦੀ ਹਾਜ਼ਰੀ ਵਿੱਚ ਗੈਰਹਾਜ਼ਰ, ਸ਼ਿਫ਼ਟ ਹੋਏ, ਮ੍ਰਿਤਕ ਅਤੇ ਡੁਪਲੀਕੇਟ ਵੋਟਰਾਂ ਦੀ ਤਸਦੀਕ ਵੀ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਤਸਦੀਕ ਦੌਰਾਨ ਜਿਲ੍ਹੇ ਵਿੱਚ 18,514 ਵੋਟਰ ਮ੍ਰਿਤਕ ਪਾਏ ਗਏ, 16,273 ਵੋਟਰ ਪੱਕੇ ਤੌਰ ‘ਤੇ ਸ਼ਿਫ਼ਟ ਹੋਏ ਮਿਲੇ, 6,982 ਵੋਟਰ ਗੈਰਹਾਜ਼ਰ ਪਾਏ ਗਏ ਅਤੇ ਕੁਝ ਵੋਟਰਾਂ ਦੇ ਨਾਮ ਡੁਪਲੀਕੇਟ ਵੀ ਪਾਏ ਗਏ। ਜ਼ਿਲ੍ਹਾ ਫ਼ਰੀਦਕੋਟ ਦੇ ਕੁੱਲ 4,49,615 ਵੋਟਰਾਂ ਦੇ ਐਨੂਮੇਰੇਸ਼ਨ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।
ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ। ਇਹ ਡਰਾਫਟ ਵੋਟਰ ਸੂਚੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਧਿਕਾਰਤ ਵੈੱਬਸਾਈਟ ਅਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਉਪਲਬਧ ਹੋਵੇਗੀ। ਵੋਟਰ ਆਪਣੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਕੋਲ ਜਾ ਕੇ ਵੀ ਆਪਣੇ ਨਾਮ ਦੀ ਜਾਂਚ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਡਰਾਫਟ ਵੋਟਰ ਸੂਚੀ ਦੇ ਪ੍ਰਕਾਸ਼ਨ ਉਪਰੰਤ ਜਿਨ੍ਹਾਂ ਨਾਗਰਿਕਾਂ ਜਾਂ ਵੋਟਰਾਂ ਦੇ ਨਾਮ ਸੂਚੀ ਵਿੱਚ ਸ਼ਾਮਲ ਨਹੀਂ ਹੋਣਗੇ, ਉਹ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਆਪਣੇ ਸਬੰਧਤ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕਦੇ ਹਨ। ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ, ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਦੋ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ ਫ਼ਰੀਦਕੋਟ ਸ੍ਰੀਮਤੀ ਪੂਨਮ ਸਿੱਧੂ, ਆਮ ਆਦਮੀ ਪਾਰਟੀ ਤੋਂ ਸ੍ਰੀ ਗੁਰਤੇਜ ਸਿੰਘ ਖੋਸਾ ਅਤੇ ਸ੍ਰੀ ਗੁਰਪ੍ਰੀਤ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਸ੍ਰੀ ਸੰਦੀਪ ਸ਼ਰਮਾ, ਸ੍ਰੀ ਮਨਪ੍ਰੀਤ ਸਿੰਘ ਬਰਾੜ ਅਤੇ ਸ੍ਰੀ ਹਰਚਰਨ ਸਿੰਘ ਸੰਧੂ, ਬਹੁਜਨ ਸਮਾਜ ਪਾਰਟੀ ਤੋਂ ਸ੍ਰੀ ਗੁਰਬਖ਼ਸ਼ ਸਿੰਘ ਚੌਹਾਨ ਅਤੇ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਤੋਂ ਸ੍ਰੀ ਅਸ਼ਵਨੀ ਕੁਮਾਰ ਹਾਜ਼ਰ ਸਨ