

ਲੁਧਿਆਣਾ, 21 ਸਤੰਬਰ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਨੇ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨਾਲ ਆਪਣੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ਬਾਰੇ ਵਿਚਾਰ ਵਟਾਂਦਰੇ ਕੀਤੇ।
ਇਸ ਮੋਕੇ ਵਿਧਾਇਕ ਬੱਗਾ ਵੱਲੋਂ ‘ਸ੍ਰੀ ਕ੍ਰਿਸ਼ਨਾ ਗਊ ਆਸਰੇ ਗਊਸ਼ਾਲਾ’ ਲਈ ਆਪਣੀ ਨੇਕ ਕਮਾਈ ਵਿੱਚੋਂ ਰਾਸ਼ੀ ਦਾਨ ਕੀਤੀ ਗਈ।
ਵਿਧਾਇਕ ਬੱਗਾ ਨੇ ਲੁਧਿਆਣਾ ਨਿਵਾਸੀਆਂ ਲਈ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੰਭਾਵੀ ਪੀਣ ਲਈ ਨਹਿਰੀ ਪਾਣੀ ਦੇ ਪ੍ਰੋਜੈਕਟ ‘ਤੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਪੰਜਾਬ ਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਅਤੇ ਉੱਤਰੀ ਭਾਰਤ ਦਾ ਉਦਯੋਗਿਕ ਕੇਂਦਰ ਹੈ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਦਰ ਨਾਲ ਡਿੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਜਲ ਸੰਕਟ ਨਾਲ ਨਜਿੱਠਣ ਲਈ ਸੂਬਾ ਸਰਕਾਰ ਸਤਹੀ ਪਾਣੀ ਦੇ ਆਧਾਰ ‘ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਮੁੱਖ ਤਰਜੀਹ ਦੇ ਰਹੀ ਹੈ।
ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜੋਰਵਾਲ ਵੱਲੋਂ ਵਿਧਾਇਕ ਮਦਨ ਲਾਲ ਬੱਗਾ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਹਲਕਾ ਲੁਧਿਆਣਾ ਉੱਤਰੀ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇਗਾ।