ਸਾਂਸਦ ਔਜਲਾ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਲੈ ਕੇ ਚੋਣ ਕਮਿਸ਼ਨ ਤੋਂ ਕੀਤੀ ਵੱਡੀ ਮੰਗ


ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਦਾ ਪੰਜਾਬ ਦੀ ਸਿਆਸਤ ‘ਤੇ ਅਸਰ ਪੈਂਦਾ ਹੈ ਪਰ ਜਿਸ ਤਰ੍ਹਾਂ ਇਨ੍ਹਾਂ ਚੋਣਾਂ ‘ਚ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਚਾਇਤੀ ਚੋਣਾਂ ‘ਚ ਲੱਗੇ ਅਧਿਕਾਰੀਆਂ ਦੀ ਜਾਂਚ ਕੀਤੀ ਜਾਵੇ ਕਿ ਉਹ ਕਿਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਹਨ।
ਸੰਸਦ ਮੈਂਬਰ ਔਜਲਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਬੇਭਰੋਸਗੀ ਅਤੇ ਡਰ ਦਾ ਮਾਹੌਲ ਬਣਾਇਆ ਗਿਆ ਹੈ। ਪਿੰਡਾਂ ਵਿੱਚ ਬੀ.ਡੀ.ਓ., ਬੀ.ਡੀ.ਪੀ.ਓ. ਅਤੇ ਚੋਣ ਅਧਿਕਾਰੀ ਵਿਧਾਇਕ ਦੀ ਮਰਜ਼ੀ ਅਨੁਸਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਪੰਜਾਬ ਦੀ ਸਿਆਸਤ ‘ਤੇ ਅਸਰ ਪੈਂਦਾ ਹੈ ਪਰ ਜਿਸ ਤਰ੍ਹਾਂ ਇਨ੍ਹਾਂ ਚੋਣਾਂ ‘ਚ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਨਾਮਜ਼ਦਗੀ ਭਰਨ ਵਿੱਚ ਸੈਕਟਰ, ਬੀਡੀਓ ਅਤੇ ਬੀਡੀਪੀਓ ਦੀ ਵੱਡੀ ਭੂਮਿਕਾ ਹੁੰਦੀ ਹੈ ਪਰ ਜਦੋਂ ਵੀ ਉਮੀਦਵਾਰ ਬਲਾਕ ਵਿੱਚ ਜਾਂਦੇ ਹਨ ਤਾਂ ਉਹ ਅਧਿਕਾਰੀ ਉਥੇ ਮੌਜੂਦ ਨਹੀਂ ਹੁੰਦੇ।
ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣਾਂ ਬਿਨਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਹੋਣਗੀਆਂ ਪਰ ਅਸਲ ਵਿਚ ਉਨ੍ਹਾਂ ਦੇ ਵਿਧਾਇਕ ਹੀ ਸਭ ਕੁਝ ਸੰਭਾਲ ਰਹੇ ਹਨ। ਰਾਖਵੀਆਂ ਸੀਟਾਂ ਆਪਣੀ ਮਰਜ਼ੀ ਨਾਲ ਰੱਖੀਆਂ ਗਈਆਂ ਸਨ, ਭਾਵੇਂ ਉਸ ਖੇਤਰ ਵਿੱਚ ਕੋਈ ਰਾਖਵੀਂ ਸ਼੍ਰੇਣੀ ਨਹੀਂ ਹੈ। ਇਨ੍ਹਾਂ ਤੋਂ ਇਲਾਵਾ ਇੱਕੋ ਘਰ ਦੇ ਪੰਜ ਮੈਂਬਰਾਂ ਦੀਆਂ ਵੋਟਾਂ ਵੱਖ-ਵੱਖ ਥਾਵਾਂ ’ਤੇ ਬਣੀਆਂ ਹੋਈਆਂ ਹਨ ਜਿਸ ਕਰਕੇ ਉਹ ਆਪਣੇ ਹੱਕ ਦੀ ਵਰਤੋਂ ਕਰਨ ਤੋਂ ਅਸਮਰੱਥ ਹਨ।