
– ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਦਾ ਲਾਭ ਲੈਣ ‘ਤੇ ਦਿੱਤਾ ਜ਼ੋਰ
ਲੁਧਿਆਣਾ, 11 ਨਵੰਬਰ (ਕਪਿਲ ਖਰਬੰਦਾ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲ੍ਹੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ (ਪੀ.ਯੂ.ਆਰ.ਸੀ.), ਲੁਧਿਆਣਾ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਔਰਤਾਂ, ਬੱਚੇ, ਹਿਰਾਸਤ ਵਿੱਚ ਬੰਦ ਦੋਸ਼ੀ ਅਤੇ ਕੋਈ ਵੀ ਵਿਅਕਤੀ ਜਿਸਦੀ ਆਮਦਨ 3 ਲੱਖ ਰੁਪਏ ਸਲਾਨਾ ਤੋਂ ਘੱਟ ਹੈ, ਆਪਣੇ ਕੇਸ ਵਿੱਚ ਵਕੀਲ ਸਾਹਿਬਾਨਾਂ ਦੀਆਂ ਮੁਫ਼ਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਇਸ ਤੋਂ ਇਲਾਵਾਂ ਉਨ੍ਹਾਂ ਆਗਾਮੀ 13 ਦਸੰਬਰ, 2025 ਨੂੰ ਜਿਲ੍ਹਾ ਲੁਧਿਆਣਾ ਵਿਖੇ ਲੱਗਣ ਜਾ ਰਹੀ ਕੌਮੀ ਲੋਕ ਅਦਾਲਤ ਬਾਰੇ ਵੀ ਚਾਨਣਾ ਪਾਇਆ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਇਸ ਲੋਕ ਅਦਾਲਤ ਵਿੱਚ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣ ‘ਤੇ ਜ਼ੋਰ ਦਿੱਤਾ। ਵਧੇਰੇ ਜਾਣਕਾਰੀ ਲਈ ਅਥਾਰਟੀ ਦੇ ਟੋਲ ਫਰੀ ਨੰਬਰ 15100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।